ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ-ਸ੍ਰ. ਹਰਮਿੰਦਰ ਸਿੰਘ ਗਿੱਲ_ਯੋਜਨਾ ਤਹਿਤ ਜ਼ਿਲ੍ਹੇ ਦੇ 61399 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ- ਡਿਪਟੀ ਕਮਿਸ਼ਨਰ
Tue 20 Aug, 2019 0ਪੱਟੀ (ਤਰਨ ਤਾਰਨ), 20 ਅਗਸਤ :
ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਦਾਣਾ ਮੰਡੀ ਪੱਟੀ ਵਿਖੇ ਲਗਾਏ ਮੈਗਾ ਕੈਂਪ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤਾ ਗਿਆ।ਇਸ ਮੌਕੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਵੱਖ-ਵੱਖ ਸਕੀਮਾਂ ਦੇ ਬਣਦੇ ਲਾਭ ਮੁਹੱਈਆ ਕਰਵਾਏ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ ਤੋਂ ਇਲਾਵਾ ਕਾਂਗਰਸੀ ਆਗੂ ਸ੍ਰੀ ਸੁਖਵਿੰਦਰ ਸਿੰਘ ਸਿੱਧੂ, ਸ੍ਰੀ ਵਜ਼ੀਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਹੈ, ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤੱਕ ਪੁੱਜ ਸਕੇ, ਜਿਹੜੇ ਲੋਕ ਹੁਣ ਤੱਕ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਰਾਜ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।ਉਹਨਾਂ ਕਿਹਾ ਇਸ ਯੋਜਨਾ ਤਹਿਤ ਲਾਭਪਾਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਤੇ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਸਾਲਾਨਾ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਹੈ।ਇਹ ਯੋਜਨਾ ਉਨਾਂ ਲੋਕਾਂ ਨੂੰ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹੈ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ ਹੋਰ ਵੀ ਕੈਂਪ ਲਾਏ ਜਾ ਰਹੇ ਹਨ, ਜਿਨਾਂ ਵਿੱਚ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਮਿਲਣ ਵਾਲੇ ਲਾਭ ਤੋਂ ਵਾਂਝਾ ਨਾ ਰਹੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਇਹ ਕੈਂਪ ਪਿੰਡ ਵਾਰ ਲਗਾਉਣ ਦੀ ਯੋਜਨਾ ਵੀ ਉਲੀਕੀ ਗਈ ਹੈ।ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀ ਵੱਖ-ਵੱਖ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ ਅਤੇ ਇਹਨਾਂ ਦੀ ਪੜਤਾਲ ਉਪਰੰਤ ਉਹਨਾਂ ਨੂੰ ਬਣਦਾ ਲ਼ਾਭ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਹੁਣ ਤੱਕ ਲਗਾਏ ਗਏ ਕੈਂਪਾਂ ਦੌਰਾਨ ਕੁੱਲ 1,74,405 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿੱਚੋਂ 71822 ਲਾਭਪਾਤਰੀ ਯੋਗ ਪਾਏ ਗਏ ਅਤੇ ਵੱਖ-ਵੱਖ ਸਕੀਮਾਂ ਦੇ 61399 ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਮੁਹੱਈਆ ਕਰਵਾਇਆ ਗਿਆ।
Comments (0)
Facebook Comments (0)