
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲੇ ਦੇ 575 ਪਿੰਡਾਂ ਵਿੱਚ ਲਗਾਏ ਜਾਣਗੇ 3,16,250 ਬੂਟੇ-ਡਿਪਟੀ ਕਮਿਸ਼ਨਰ
Thu 8 Aug, 2019 0
ਤਰਨ ਤਾਰਨ, 7 ਅਗਸਤ :
ਜ਼ਿਲੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ ਤੋਂ ਇਲਵਾ ਸਮੂਹ ਬੀ. ਡੀ. ਪੀ. ਓਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲੇ ਦੇ ਹਰੇਕ ਪਿੰਡ ਵਿੱਚ 550 ਬੂਟੇ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲੇ ਦੇ 575 ਪਿੰਡਾਂ ਵਿੱਚ 3,16,250 ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਹੁਣ ਤੱਕ ਪਿੰਡਾਂ ਵਿੱਚ ਬੂਟੇ ਲਗਾਉਣ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦੀ ਤੋਂ ਜਲਦੀ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਟੀਚਾ ਮੁਕੰਮਲ ਕੀਤਾ ਜਾਵੇ।
ਮੀਟਿੰਗ ਦੌਰਾਨ ਉਹਨਾਂ ਸਾਰੇ ਬੀ. ਡੀ. ਪੀ. ਓਜ਼ ਨੂੰ ਕਿਹਾ ਕਿ ਮਗਨਰੇਗਾ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਪਹੂੰਚਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਦਿਹਾੜੀਆਂ ਪੈਦਾ ਕੀਤੀਆਂ ਜਾਣ ਤਾਂ ਜੋ ਵਧੇਰੇ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ।ਉਹਨਾਂ ਦੱਸਿਆ ਕਿ ਇਸ ਮਗਨਰੇਗਾ ਯੋਜਨਾ ਤਹਿਤ ਜ਼ਿਲੇ ਦੇ 8 ਬਲਾਕਾਂ ਵਿੱਚ 349 ਕੰਮਾਂ ਨੂੰ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਵਧੇਰੇ ਕੰਮ ਸ਼ੂਰੂ ਹੋ ਚੁੱਕੇ ਹਨ। ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਹਿੰਦੇ ਕੰਮ ਵੀ ਜਲਦੀ ਤੋਂ ਜਲਦੀ ਸ਼ੂਰੂ ਕਰਵਾਏ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਬੀ. ਡੀ. ਪੀ. ਓਜ਼ ਨੂੰ ਸਖਤ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਬਕਾਇਆ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਜਮਾਂ ਕਰਵਾਏ ਜਾਣ, ਅਣਗਹਿਲੀ ਕਰਨ ਵਾਲੇ ਅਧਿਕਾਰੀ ਵਿਰੁੱਧ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
Comments (0)
Facebook Comments (0)