ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ, ਦਿੱਲੀ ਸਰਕਾਰ ਵਰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ : - ਹਰਪਾਲ ਸਿੰਘ ਚੀਮਾ

ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ, ਦਿੱਲੀ ਸਰਕਾਰ ਵਰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ : -  ਹਰਪਾਲ ਸਿੰਘ ਚੀਮਾ

ਐਸ ਪੀ ਸਿੱਧੂ :

ਚੰਡੀਗੜ੍ਹ 8 ਸਤੰਬਰ 2018

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਮੰਤਰੀ ਮੰਡਲ ਨੂੰ ਨਾਲ ਲੈ ਕੇ ਰਾਜਧਾਨੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਪੰਜਾਬ ਦੇ ਲੋਕਾਂ ਨੂੰ ਦਿੱਲੀ ਸਰਕਾਰ ਵਰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਦੁਨੀਆ ਭਰ 'ਚ ਸ਼ਲਾਘਾ ਹੋ ਰਹੀ ਹੈ। ਸੰਯੁਕਤ ਰਾਸ਼ਟਰ ਸੰਘ (ਯੂਐਨਓ) ਦੇ ਸਾਬਕਾ ਸਕੱਤਰ ਜਨਰਲ ਵਾਨ ਕੀ ਮੂਨ ਅਤੇ ਨਾਰਵੇ ਦੇ ਸਾਬਕਾ ਪ੍ਰਧਾਨ ਮੰਤਰੀ ਗਰੋ ਹਾਰਲੇਮ ਬ੍ਰੰਡਤਲੈਂਡ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਦਿੱਲੀ ਸਰਕਾਰ ਦੇ ਮੁਹੱਲਾ ਕਲੀਨਿਕਾਂ, ਪੌਲੀ ਕਲੀਨਿਕਾਂ ਅਤੇ ਹਸਪਤਾਲਾਂ ਦਾ ਉਚੇਚੇ ਤੌਰ 'ਤੇ ਦੌਰਾ ਕਰਨਾ ਅਤੇ ਰੱਜ ਕੇ ਸ਼ਲਾਘਾ ਕਰਨੀ ਨਾ ਕੇਵਲ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ, ਸਗੋਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸਿਹਤ ਅਤੇ ਸਰਕਾਰੀ ਸਕੂਲ ਸਿੱਖਿਆ ਦੀ ਹਾਲਤ ਬੇਹੱਦ ਤਰਸਯੋਗ ਹੈ। ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲਾਂ 'ਚ ਨਾ ਡਾਕਟਰ ਹਨ ਅਤੇ ਨਾ ਦਵਾਈਆਂ ਹਨ। ਗ਼ਰੀਬ ਤੋਂ ਗ਼ਰੀਬ ਲੋਕਾਂ ਨੂੰ ਵੀ ਇਲਾਜ ਲਈ ਮਹਿੰਗੇ ਨਿੱਜੀ ਹਸਪਤਾਲਾਂ ਹੱਥੋਂ ਲੁਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਗ਼ਰੀਬ ਦਲਿਤ ਅਤੇ ਆਮ ਪਰਿਵਾਰਾਂ ਨਾਲ ਸੰਬੰਧਿਤ ਮਰੀਜ਼ ਇਲਾਜ ਤੋਂ ਬਿਨਾ ਦਮ ਤੋੜ ਰਹੇ ਹਨ।

ਚੀਮਾ ਨੇ ਨਾਲ ਹੀ ਕਿਹਾ ਕਿ ਸਰਕਾਰ ਹਸਪਤਾਲਾਂ ਵਾਂਗ ਸਰਕਾਰੀ ਸਕੂਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਇੱਕ ਪਾਸੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਕਮੀ ਚੱਲ ਰਹੀ ਹੈ। ਦੂਜੇ ਪਾਸੇ ਹਜ਼ਾਰਾਂ ਦੀ ਗਿਣਤੀ 'ਚ ਯੋਗ ਉਮੀਦਵਾਰ ਨੌਕਰੀਆਂ ਲਈ ਪਹਿਲਾਂ ਬਾਦਲ ਸਰਕਾਰ ਵੇਲੇ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣ ਲਈ ਮਜਬੂਰ ਹਨ। ਇਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਉਹ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਮਾਡਲ ਨੂੰ ਦੇਖਣ ਅਤੇ ਸਮਝਣ।