ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਹੀਂ ਹੋਵੇਗਾ ਗਠਜੋੜ : ਕੇਜਰੀਵਾਲ

ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਹੀਂ ਹੋਵੇਗਾ ਗਠਜੋੜ : ਕੇਜਰੀਵਾਲ

ਬਠਿੰਡਾ : ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਪੰਜਾਬ ਵਿਚ ਕਿਸੇ ਹੋਰ ਪਾਰਟੀ ਨਾਲ ਚੋਣ ਗਠਜੋੜ ਨਹੀਂ ਕਰੇਗੀ। ਇਥੇ ਇਕ ਪਾਰਟੀ ਵਿਧਾਇਕਾ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਪੁੱਜੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਨੂੰ ਪਸੰਦ ਕਰਦੇ ਹਨ ਤੇ ਪਾਰਟੀ ਤੀਜਾ ਬਦਲ ਦੇਵੇਗੀ। ਉਨ੍ਹਾਂ ਇਹ ਵੀ ਭਰੋਸਾ ਜ਼ਾਹਰ ਕੀਤਾ ਕਿ ਪਾਰਟੀ ਅੰਦਰ ਕੋਈ ਫੁੱਟ ਨਹੀਂ ਤੇ ਜਲਦੀ ਹੀ ਸਭ ਮਿਲ ਕੇ ਕੰਮ ਕਰਨਗੇ।

ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਰਕਾਰ ਉਪਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਾ ਬੰਦ ਨਹੀਂ ਹੋਇਆ।  ਬਰਗਾੜੀ ਤੇ ਬਹਿਬਲ ਕਾਂਡ ਦੇ ਦੋਸ਼ੀਆਂ ਵਿਰੁਧ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਦੋਸ਼ ਲਗਾਏ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਦੋਸ਼ੀਆਂ 'ਤੇ ਕਾਰਵਾਈ ਦੀ ਸਿਫ਼ਾਰਸ਼ ਦੇ ਬਾਵਜੂਦ ਕੈਪਟਨ ਸਰਕਾਰ ਉਨਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਨੇ ਕੈਪਟਨ ਅਤੇ ਬਾਦਲਾਂ ਉਪਰ ਰਲੇ ਹੋਣ ਦਾ ਵੀ ਦੋਸ਼ ਲਗਾਇਆ।