‘ਆਪ’ ਵਿਧਾਇਕ ਫੂਲਕਾ ਨੇ ਸਪੀਕਰ ਨੂੰ ਅਸਤੀਫ਼ਾ ਭੇਜਿਆ

‘ਆਪ’ ਵਿਧਾਇਕ ਫੂਲਕਾ ਨੇ ਸਪੀਕਰ ਨੂੰ ਅਸਤੀਫ਼ਾ ਭੇਜਿਆ

ਆਮ ਆਦਮੀ ਪਾਰਟੀ (ਆਪ) ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਕਾਪੀ ਭਾਰਤ ਦੇ ਚੋਣ ਕਮਿਸ਼ਨ ਨੂੰ ਵੀ ਭੇਜੇ ਜਾਣ ਦਾ ਦਾਅਵਾ ਕੀਤਾ ਹੈ। ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਨੇ ਅਸਤੀਫਾ ਈ-ਮੇਲ ਰਾਹੀਂ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਆਪ ਵਿਧਾਇਕ ਵੱਲੋਂ ਤਿੰਨ ਸਫਿਆਂ ਦਾ ਅਸਤੀਫਾ ਭੇਜਦਿਆਂ ਕਾਂਗਰਸ ਸਰਕਾਰ ਖਾਸ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਅਤੇ ਪੁਲੀਸ ਗੋਲੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਥਿਤ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸਰਕਾਰ ’ਤੇ ਜ਼ੋਰ ਪਾਉਣ ਲਈ ਅਸਤੀਫਾ ਦੇ ਰਿਹਾ ਹਾਂ। ਵਿਧਾਨ ਸਭਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਫੂਲਕਾ ਦਾ ਅਸਤੀਫਾ ਵਿਧਾਨ ਸਭਾ ਵੱਲੋਂ ਨਿਰਧਾਰਤ ਮਾਪਦੰਡਾਂ ਮੁਤਾਬਕ ਨਹੀਂ ਦਿੱਤਾ ਗਿਆ। ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਅਸਤੀਫਾ ਸਪੀਕਰ ਨੂੰ ਮਿਲ ਕੇ ਹੀ ਦਿੱਤਾ ਜਾ ਸਕਦਾ ਹੈ। ਇਸ ਤੋਂ ਬਿਨਾਂ ਸਪੀਕਰ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਹੀ ਆਮ ਤੌਰ ’ਤੇ ਅਸਤੀਫਾ ਪ੍ਰਵਾਨ ਕੀਤਾ ਜਾਂਦਾ ਹੈ। ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸੰਪਰਕ ਕਰਨ ’ਤੇ ਕਿਹਾ ਕਿ ਸ੍ਰੀ ਫੂਲਕਾ ਦਾ ਅਸਤੀਫਾ ਤਾਂ ਮਿਲ ਗਿਆ ਹੈ ਪਰ ਇਸ ਦੀ ਪੜਤਾਲ ਕਰਾਂਗਾ ਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਐਚ.ਐਸ. ਫੂਲਕਾ ਨੇ ਪੰਜਾਬ ਵਿਧਾਨ ਸਭਾ ਬੇਅਦਬੀ ਮਾਮਲੇ ਦੀ ਪੜਤਾਲੀਆ ਰਿਪੋਰਟ ’ਤੇ 28 ਅਗਸਤ ਨੂੰ ਹੋਈ ਬਹਿਸ ਤੋਂ ਬਾਅਦ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ‘ਆਪ’ ਵਿਧਾਇਕ ਵੱਲੋਂ ਅਸਤੀਫਾ ਦੇਣ ਦਾ ਮਾਮਲਾ ਇਸ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ ਕਿਉਂਕਿ ਪੰਜਾਬ ਪੁਲੀਸ ਦੇ ਕੁਝ ਅਫ਼ਸਰਾਂ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀਆਂ ਪੜਤਾਲੀਆ ਰਿਪੋਰਟਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਸੀ। ਲੰਘੇ ਦਿਨਾਂ ਦੌਰਾਨ 7 ਅਕਤੂਬਰ ਨੂੰ ਬਰਗਾੜੀ ਵਿੱਚ ਹੋਏ ਭਾਰੀ ਇਕੱਠ ਤੋਂ ਬਾਅਦ ਸ੍ਰੀ ਫੂਲਕਾ ਨੇ ਅਸਤੀਫਾ ਦੇਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ। ‘ਆਪ’ ਵਿਧਾਇਕ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਾਰਟੀ ਹਾਈ ਕਮਾਨ ਦੇ ਦਬਾਅ ਅਧੀਨ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਦੀ ਝਾਕ ਵਿੱਚ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਨੂੰ ਬਹੁਮਤ ਹੋਣ ਕਾਰਨ ਹਾਕਮ ਪਾਰਟੀ ਨਾਜਾਇਜ਼ ਫਾਇਦਾ ਉਠਾ ਰਹੀ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਜੇ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਚੋਣ ਕਮਿਸ਼ਨ ਛੇ ਮਹੀਨਿਆਂ ਦੇ ਅੰਦਰ -ਅੰਦਰ ਚੋਣ ਕਰਾਉਣ ਲਈ ਵਿਧਾਨਕ ਤੌਰ ’ਤੇ ਪਾਬੰਦ ਹੋਵੇਗਾ। ਇਸ ਤਰ੍ਹਾਂ ਆਗਾਮੀ ਲੋਕ ਸਭਾ ਚੋਣਾਂ ਦੇ ਨਾਲ ਹੀ ਦਾਖਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵੀ ਹੋ ਸਕਦੀ ਹੈ।