ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵੱਲੋਂ ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵੱਲੋਂ ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ, 20 ਮਾਰਚ2019 :

19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਅਤੇ ਨੋਡਲ ਅਫ਼ਸਰ “ਸਵੀਪ” ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਐੱਸ ਡੀ. ਐੱਮ ਪੱਟੀ ਸ੍ਰੀ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਰਿਸ਼ੀ ਨੇ “ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ” ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹਸਤਾਖ਼ਰ ਮੁਹਿੰਮ ਦਾ ਹਿੱਸਾ ਬਣਨ ਅਤੇ ਸੰਕਲਪ ਲੈਣ ਕਿ ਉਹ 19 ਮਈ ਨੂੰ ਆਪਣੇ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ।

ਉਹਨਾਂ ਦੱਸਿਆ ਕਿ ਇਸ ਵਾਰ ਤਰਨ ਤਾਰਨ ਜ਼ਿਲ੍ਹੇ ਵਿੱਚ ਲੋਕ ਸਭਾ ਦੀ ਪਿਛਲੀ ਮਤਦਾਨ ਪ੍ਰਤੀਸ਼ਤਤਾ ਜੋ 66.78 ਫ਼ੀਸਦੀ ਸੀ, ਨੂੰ ਅੱਗੇ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਤਹਿਤ ਵਿਦਿਅਕ ਸੰਸਥਾਂਵਾਂ ਵਿੱਚ ਨੌਜੁਆਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਇਲੈਕਟੋਰਲ ਲਿਟਰੇਸੀ ਕਲੱਬ ਬਣਾ ਕੇ ਚੋਣ ਪਾਠਸ਼ਾਲਾਵਾਂ ਲਾਉਣ, ਸਕੂਲਾਂ ਵਿੱਚ ਵਿਦਿਆਰਥੀਆਂ ਰਾਹੀਂ ਮਾਪਿਆਂ ਨੂੰ ਜਾਗਰੂਕ ਕਰਨ ਲਈ ਸੰਕਲਪ ਪੱਤਰ ਭਰਵਾਉਣ, ਸੁਵਿਧਾ ਅਤੇ ਹੋਰ ਜਨਤਕ ਸੇਵਾਵਾਂ ਵਾਲੇ ਥਾਂਵਾਂ ’ਤੇ ਦਿੱਤੀਆਂ ਜਾਂਦੀਆਂ ਰਸੀਦਾਂ ’ਤੇ ਮਤਦਾਨ ਪ੍ਰਤੀ ਨਾਅਰੇ ਦੇਣ, ਸਰਕਾਰੀ ਦਫ਼ਤਰਾਂ ਵਿੱਚ ਮਤਦਾਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਾਅਰੇ ਲਿਖਣ ਅਤੇ ਪਹਿਲੀ ਵਾਰ ਵੋਟਰ ਬਣੇ ਨੌਜੁਆਨਾਂ ਨੂੰ ਵਿਸ਼ੇਸ਼ ਤੌਰ ’ਤੇ ਉਤਸ਼ਾਹਿਤ ਕਰਨ ਵਾਸਤੇ ਯਤਨ ਕਰਨ, ਆਦਿ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਪਿਛਲੀਆਂ ਲੋਕ ਸਭਾ ਚੋਣਾਂ ਮੌਕੇ ਜ਼ਿਲ੍ਹੇ ਵਿੱਚ 66.78 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ ਸੀ ਜੋ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਧ ਕੇ 75.92 ਫ਼ੀਸਦੀ ’ਤੇ ਪੁੱਜ ਗਿਆ। ਹੁਣ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਇਸ ਵਿੱਚ ਹੋਰ ਵਾਧੇ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰ ਜਾਗਰੂਕਤਾ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 878 ਪੋਲਿੰਗ ਬੂਥਾਂ ‘ਤੇੇ ਮਤਦਾਨ ਲਈ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੱਗਭੱਗ 4067 ਦਿਵਿਆਂਗ ਮਤਦਾਤਾ ਨੂੰ ਮਤਦਾਨ ਕੇਂਦਰਾਂ ’ਤੇ ਵਿਸ਼ੇਸ਼ ਸਹੂਲਤਾਂ ਦੇਣ ਦੇ ਪ੍ਰਬੰਧ ਵੀ ਕੀਤੇ ਜਾਣਗੇ।    

ਇਸ ਮੌਕੇ ਨੋਡਲ ਅਫ਼ਸਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਵੱਲੋਂ ਕੀਤੇ ਮਤਦਾਨ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਬਾਰੇ ਉਨ੍ਹਾਂ ’ਚ ਵਿਸ਼ਵਾਸ਼ ਪੈਦਾ ਕਰਨ ਲਈ ਇਸ ਵਾਰ ਚੋਣ ਕਮਿਸ਼ਨ ਵੱਲੋਂ ਈ. ਵੀ. ਐਮਜ਼ ਨਾਲ ਜੋੜੀਆਂ ਗਈਆਂ ਵੀ. ਵੀ. ਪੀ. ਏ. ਟੀ. ਮਸ਼ੀਨਾਂ ਬਾਰੇ ਵੀ ਜ਼ਿਲ੍ਹੇ ਵਿੱਚ ਥਾਂ-ਥਾਂ ਪ੍ਰਦਰਸ਼ਨੀ ਲਾਈ ਜਾ ਰਹੀ ਹੈ।

ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਹਾਜ਼ਰੀਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਬਿਨ੍ਹਾਂ ਕਿਸੇ ਡਰ-ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।