ਸ਼ਹੀਦਾਂ ਦੇ ਸੁਫ਼ਨਿਆਂ ਦਾ ਭਾਰਤ ਸਿਰਜਣ ਲਈ ਦਿ੍ਰੜ-ਸੰਕਲਪ ਹੋਣਾ ਅਤਿ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

ਸ਼ਹੀਦਾਂ ਦੇ ਸੁਫ਼ਨਿਆਂ ਦਾ ਭਾਰਤ ਸਿਰਜਣ ਲਈ ਦਿ੍ਰੜ-ਸੰਕਲਪ ਹੋਣਾ ਅਤਿ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਮਾਰਚ :

ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਦੇਸ਼ ਦੀ ਆਜ਼ਾਦੀ ਲਈ ਦਿੱਤੀ ਕੁਰਬਾਨੀ ਬੇਮਿਸਾਲ ਹੈ ਅਤੇ ਸ਼ਹੀਦਾਂ ਦੇ ਸੁਫ਼ਨਿਆਂ ਦੇ ਭਾਰਤ ਨੂੰ ਸਿਰਜਣ ਲਈ ਸਾਨੂੰ ਦਿ੍ਰੜ-ਸੰਕਲਪ ਹੋਣਾ ਅਤਿ ਜ਼ਰੂਰੀ ਹੈ ਤਾਂ ਹੀ ਅਸੀਂ ਉਨਾਂ ਦੇ ਬਰਾਬਰਤਾ ਦੇ ਉਦੇਸ਼ ਨੂੰ ਸਹੀ ਅਰਥਾਂ ’ਚ ਅਮਲੀ ਰੂਪ ਦੇ ਸਕਦੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸਥਾਨਕ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ, ਐੱਸ. ਡੀ. ਐੱਮ. ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਤਹਿਸੀਲਦਾਰ ਸ੍ਰੀ ਰਮੇਸ਼ ਕੁਮਾਰ, ਯੂਥ-ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਸ੍ਰੀ ਬਿਕਰਮ ਗਿੱਲ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਨਵਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।  ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਯੁਵਾ ਸ਼ਸਕਤੀਕਰਨ ਦਿਵਸ ਦੇ ਤੌਰ ‘ਤੇ ਮਨਾਇਆ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਦੇ ਸਮਾਗਮ ਵਿੱਚ ਜ਼ਿਲੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਨੌਜਵਾਨ ਕਲੱਬਾਂ ਨੇ ਭਾਗ ਲਿਆ। ਉਹਨਾਂ ਕਿਹਾ ਕਿ ਅੱਜ ਅਸੀਂ ਜਿਸ ਵੀ ਅਹੁਦੇ ’ਤੇ ਹੋਈਏ, ਸਾਨੂੰ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਂਵਾਰੀ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਸਾਨੂੰ ਸਮਾਜ ਦੇ ਉਨਾਂ ਲੋਕਾਂ ਜਿਨਾਂ ਨੂੰ ਹਾਲਾਂ ਵੀ ਬਹੁਤ ਸਾਰੀਆਂ ਸੁਵਿਧਾਵਾਂ ਜਾਂ ਜ਼ਰੂਰਤਾਂ ਦੀ ਦਰਕਾਰ ਹੈ, ਨੂੰ ਉਨਾਂ ਦੇ ਬਣਦੇ ਹੱਕ ਦੇ ਕੇ, ਉਨਾਂ ਨੂੰ ਸਮਾਜ ’ਚ ਬਰਾਬਰਤਾ ਦਾ ਦਰਜਾ ਦਿਵਾਉਣ ਲਈ ਯਤਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਦੇਸ਼ ਦਾ ਭਵਿੱਖ ਅੱਜ ਦੀ ਨੌਜਵਾਨ ਪੀੜੀ ਬਣਾਉਂਦੀ ਹੈ। ਉਹਨਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਹੁਨਰ ਵਿਕਾਸ ਵਿੱਚ ਮੁਹਾਰਤ ਹਾਸਿਲ ਕਰਕੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ। ਉਹਨਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਲੜਕੀਆਂ ਦਾ ਮਹੱਤਵਪੂਰਨ ਸਥਾਨ ਅਤੇ ਨਵਾਂ ਸਮਾਜ ਸਿਰਜਣ ਲਈ ਲੜਕੀਆਂ ਆਪ ਅੱਗੇ ਹੋ ਕੇ ਵੱਡਮੁੱਲਾ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ ਨੇ ਕਿਹਾ ਕਿ ਨੌਜਵਾਨ ਸਾਡੇ ਸਮਾਜ ਨੂੰ ਸੁਧਾਰਨ ਲਈ ਅੱਗੇ ਆਉਣ। ਉਹਨਾਂ ਕਿ ਨੌਜਵਾਨ ਪੀੜੀ ਸਾਡੇ ਸਮਾਜ ਦੀ ਪਹਿਰੇਦਾਰ ਅਤੇ ਦੇਸ਼ ਉੱਜਵਲ ਭਵਿੱਖ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਅੱਗੇ ਵਧਣ ਲਈ ਸਖਤ ਮਿਹਨਤ ਕਰਨ ਅਤੇ ਉਚੇਰੀ ਵਿੱਦਿਆ ਹਾਸਿਲ ਕਰਨ ਤਾਂ ਹੀ ਉਹ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਇਸ ਸਮਾਗਮ ਦੌਰਾਨ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਸੰਦੇਸ਼ ਦਿੰਦਿਆਂ ਇੱਕ ਵਿਸ਼ੇਸ ਪੇਸ਼ਕਾਰੀ ਵੀ ਦਿੱਤੀ ਗਈ। ਇਸ ਮੌਕੇ ਨਸ਼ੇ ਦੀ ਭਿਆਨਕ ਬਿਮਾਰੀ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਇਸ ਸਬੰਧੀ ਪ੍ਰੇਰਿਤ ਕਰਨ ਲਈ ਨੌਜਵਾਨ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜ਼ਿਲੇ ਵੋਟਰ ਜਾਗਰੂਕਤਾ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਦੇ ਜ਼ਿਲਾ ਨੋਡਲ ਅਫ਼ਸਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨ ਜਾਗਰੂਕ ਹੋ ਕੇ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਉਨਾਂ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਪਸੰਦ ਨਹੀਂ ਤਾਂ ਨੋਟਾ ਦਾ ਬਟਨ ਦਬਾਇਆ ਜਾ ਸਕਦਾ ਹੈ, ਪਰ ਵੋਟ ਹਰ ਹਾਲਤ ਵਿਚ ਪਾਈ ਜਾਵੇ, ਕਿਉਂਕਿ ਇੱਕ-ਇੱਕ ਵੋਟ ਕੀਮਤੀ ਹੈ ਤੇ ਜ਼ਿੰਮੇਵਾਰ ਵੋਟਰ ਬਣਨਾ ਵੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨਾਂ ਸਮਾਗਮ ਵਿਚ ਮੌਜੂਦ ਸਾਰੇ ਵੋਟਰਾਂ ਨੂੰ ਵੋਟ ਪਾਉਣ ਦਾ ਸੰਕਲਪ ਦਿਵਾਇਆ।