ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਲੋਕਤੰਤਰ ਦੀ ਮਜ਼ਬੂਤੀ ਦਾ ਵੱਡਾ ਅਧਾਰ-ਡਿਪਟੀ ਕਮਿਸ਼ਨਰ
Sun 31 Mar, 2019 0ਤਰਨ ਤਾਰਨ, 31 ਮਾਰਚ :
ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਮਾਜ-ਸੇਵੀ ਸੰਸਥਾਵਾਂ ਅਤੇ ਉੱਦਮੀਆਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਆਯੋਜਿਤ ਕੀਤੀ ਗਈ ਵੋਟਰ ਜਾਗਰੂਕਤਾ ਮੈਰਾਥਨ ਵਿੱਚ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ, ਖੇਡ ਪ੍ਰੇਮੀਆਂ ਅਤੇ ਆਮ ਸ਼ਹਿਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਚੰਗੀ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੈਰਾਥਨ ਨੂੰ ਅੱਜ ਸਵੇਰੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਜੀਤ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਯੂਥ ਆਈਕੋਨ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਮੀਤ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਵੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ ਅਤੇ ਲਾਲਚ ਦੇ ਨਿਰਪੱਖ ਹੋ ਕੇ ਕਰਨ ਦੀ ਸਹੁੰ ਵੀ ਚੁਕਾਈ। ਇਸ ਮੌਕੇ ਉਹਨਾਂ ਕਿਹਾ ਜਿੰਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ, 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਉਹ ਆਪਣੀ ਵੋਟ ਬਣਾਉਣ ਲਈ ਸਬੰਧਿਤ ਬੀ. ਐੱਲ. ਓ. ਨੂੰ ਫਾਰਮ ਨੰਬਰ 6 ਭਰ ਕੇ ਦੇ ਸਕਦਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅੱਜ ਦੀ ਇਸ ਮੈਰਾਥਨ ਦਾ ਅਸਲ ਮਨੋਰਥ ਜ਼ਿਲ੍ਹਾ ਤਰਨ ਤਾਰਨ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਨਿਰਪੱਖ ਹੋ ਕੇ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਗਏ ਹਨ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਦੇ ਇਸ ਉਪਰਾਲੇ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਸ੍ਰੀ ਸੱਭਰਵਾਲ ਨੇ ਕਿਹਾ ਕਿ ਸਾਡੀ ਵੋਟ ਹੀ ਸਾਡੀ ਤਾਕਤ ਹੈ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਲੋਕਤੰਤਰ ਦੀ ਮਜ਼ਬੂਤੀ ਦਾ ਵੱਡਾ ਅਧਾਰ ਹੈ। ਉਹਨਾਂ ਕਿਹਾ ਕਿ ਸਾਡਾ ਸੰਵਿਧਾਨ ਸਾਨੂੰ ਇਸ ਅਧਿਕਾਰ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ ਅਤੇ ਹਰ ਕਿਸੇ ਨੂੰ ਇਸ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਅੱਗੇ ਤੋਂ ਵੀ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇਗਾ। ਇਹ ਮੈਰਾਥਨ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਤੋਂ ਰਵਾਨਾ ਹੋ ਕੇ ਸਿਵਲ ਹਸਪਤਾਲ, ਬੋਹੜੀ ਚੌਂਕ ਅਤੇ ਗੁਰਦੁਆਰਾ ਟੱਕਰ ਸਾਹਿਬ ਨੇੜੇ ਫਾਟਕ ਤੋਂ ਹੋ ਕੇ ਮੁੜ ਵਾਪਿਸ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਮਿੰਨੀ ਮੈਰਾਥਨ ਵਿੱਚ 5 ਕਿਲੋਮੀਟਰ ਅਤੇ 10 ਕਿਲੋਮੀਟਰ ਦੌੜ ਵਿੱਚ ਵੱਖ-ਵੱਖ ਵਰਗਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਦਾ ਵੀ ਵਿਸ਼ੇਸ ਸਨਮਾਨ ਕੀਤਾ ਗਿਆ।
Comments (0)
Facebook Comments (0)