ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ , ਕੇਂਦਰ ਤੇ ਸੂਬਾ ਸਰਕਾਰਾਂ ਦੇ ਵਾਅਦਿਆਂ ਦਾ ਪਰਦਾ ਫਾਸ਼ ਕਰਨ ਲਈ ਸੰਘਰਸ਼ ਦਾ ਅੈਲਾਨ
Wed 3 Apr, 2019 0ਬਠਿੰਡਾ :
ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਭਜਨ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਵਿਖੇ ਹੋਈ । ਜਿਸ ਵਿੱਚ ਸੂਬਾ ਖ਼ਜ਼ਾਨਚੀ ਗੁਰਦੀਪ ਸਿੰਘ ਵੈਰੋਕੇ, ਸੁਰਜੀਤ ਸਿੰਘ ਕੋਟਲਾ, ਦਰਸ਼ਨਪਾਲ ਪਟਿਆਲਾ, ਅਵਤਾਰ ਸਿੰਘ ਮਹਿਮਾ, ਗੁਰਮੀਤ ਸਿੰਘ ਮਹਿਮਾ, ਬਲਵੰਤ ਮਹਿਰਾਜ, ਜਗਰਾਜ ਸਿੰਘ ਗੋਰਖਨਾਥ, ਕੁਲਦੀਪ ਸੇਲਬਰਾਹ ਆਦਿ ਆਗੂਆਂ ਨੇ ਭਾਗ ਲਿਆ । ਮੀਟਿੰਗ ਵਿੱਚ ਕਿਸਾਨੀ ਮੰਗਾਂ ਮਸਲਿਆਂ ਤੇ ਚਰਚਾ ਕਰਨ ਤੋਂ ਬਾਅਦ ਪਿਛਲੇ ਘੋਲਾਂ ਦਾ ਰਿਵਿਊ ਕੀਤਾ ਗਿਆ ਅਤੇ ਭਵਿੱਖ ਕਾਰਜਾਂ ਦੇ ਫੈਸਲੇ ਲਏ ਗਏ ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਆਗੂ ਡਾ ਦਰਸ਼ਨਪਾਲ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਪੂਰੇ ਪੰਜਾਬ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਚੋਣਾਂ ਸਮੇਂ ਕੀਤੇ ਹੋਏ ਵਾਅਦਿਆਂ ਦਾ ਪਰਦਾਫਾਸ਼ ਕਰੇਗੀ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜ ਸਾਲ ਕਿਸਾਨਾਂ ਨਾਲ ਇੱਕ ਵੀ ਵਾਅਦਾ ਪੂਰਾ ਨਾ ਕਰਨ ਅਤੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਕਿਸਾਨਾਂ ਪੱਖੀ ਇੱਕ ਵੀ ਫ਼ੈਸਲਾ ਨਾ ਲੈਣ ਤੇ ਜਥੇਬੰਦੀ ਪੂਰੇ ਪੰਜਾਬ ਵਿੱਚ ਦੋਵਾਂ ਸਰਕਾਰਾਂ ਦੀਆਂ ਅਰਥੀਆਂ ਫੂਕੇਗੀ । ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵੱਲੋਂ ਵਿਧਾਇਕਾਂ ਅਤੇ ਸਾਂਸਦਾਂ ਦੇ ਨਾਮ ਮੰਗ ਪੱਤਰ ਦਿੰਦੇ ਹੋਏ ਤੇਰਾਂ ਅਪ੍ਰੈਲ ਨੂੰ ਮੋਤੀ ਮਹਿਲ ਵੱਲ ਪੈਦਲ ਮਾਰਚ ਕਰ ਕੇ ਮੁੱਖ ਮੰਤਰੀ ਨੂੰ ਕਿਸਾਨਾਂ ਅਤੇ ਪੰਜਾਬੀਆਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਤੇਰਾਂ ਅਪਰੈਲ ਦੇ ਜੱਲ੍ਹਿਆਂਵਾਲਾ ਸੌ ਸਾਲਾ ਸ਼ਤਾਬਦੀ ਵਾਲੇ ਦਿਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਰਲ ਕੇ ਜਿਲ੍ਹਾ ਪੱਧਰੀ ਕਾਨਫਰੰਸਾਂ ਕਰੇਗੀ । ਉਨ੍ਹਾਂ ਕਿਹਾ ਕਿ ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਵਜੋਂ ਦੋ ਤਿੰਨ ਅਤੇ ਚਾਰ ਮਈ ਨੂੰ ਪਟਿਆਲਾ ਮੋਤੀ ਮਹਿਲ ਸਾਹਮਣੇ ਲਾਏ ਜਾ ਰਹੇ ਮੋਰਚੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ । ਇਸ ਦੇ ਨਾਲ ਹੀ ਸਾਡੀ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਲੁੱਟ ਕਰਨ ਵਾਲੇ ਆੜ੍ਹਤੀਆਂ ਅਤੇ ਸੂਦਖੋਰੀ ਪ੍ਰਬੰਧ ਵਿੱਚ ਪਾਰਦਰਸ਼ਤਾ ਲਿਆਉਣ ਦੀ ਮੰਗ ਕਰੇਗੀ ਅਤੇ ਵੱਡੇ ਪੱਧਰ ਤੇ ਸੰਘਰਸ਼ ਵੀ ਕਰੇਗੀ ।
Comments (0)
Facebook Comments (0)