ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਬਣੇਗਾ ਨਾਨਕਾਣਾ ਸਾਹਿਬ ਦਾ ਰੇਲਵੇ ਸਟੇਸ਼ਨ, ਪਾਕਿ ਵੱਲੋਂ ਮੰਜ਼ੂਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਬਣੇਗਾ ਨਾਨਕਾਣਾ ਸਾਹਿਬ ਦਾ ਰੇਲਵੇ ਸਟੇਸ਼ਨ, ਪਾਕਿ ਵੱਲੋਂ ਮੰਜ਼ੂਰ

ਇਸਲਾਮਾਬਾਦ :

ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਣ ਦੀ ਮੰਨਜੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਦੋਨਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ ਬਣਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਪਾਕਿਸਤਾਨ ਵੱਲੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਜੋ ਕਿ ਪਾਕਿਸਤਾਨ ਜਾਣ ਵਾਲੇ ਸਿੱਖਾਂ ਲਈ ਬਹੁਤ ਹੀ ਖੁਸ਼ੀ ਦੀ ਖ਼ਬਰ ਹੈ। ਕਿਉਂਕਿ ਆਏ ਸਾਲ ਭਾਰਤ ਵਿੱਚੋਂ ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਜਾਂਦੀਆਂ ਹਨ। ਪਾਕਿਸਤਾਨੀ ਦੀ ਕੈਬਨਿਟ ਨੇ ਅੱਜ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿਖੇ ਸਟੇਸ਼ਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ ਤੇ ਇਸਦਾ ਨਾਮ ਸਿੱਖ ਧਰਮ ਦੇ ਸੰਸਥਾਪਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ। ਇਸ ਸ਼ਹਿਰ ਦੀ ਬਹੁਤ ਇਤਿਹਾਸਕ ਅਤੇ ਧਾਰਮਿਕ ਅਹਿਮੀਅਤ ਹੈ ਅਤੇ ਪੂਰੀ ਦੁਨੀਆਂ ਦੇ ਸਿੱਖ ਸ਼ਰਧਾਲੂਆਂ ਵਿੱਚ ਇਹ ਪ੍ਰਸਿੱਧ ਧਾਰਮਿਕ ਸਥਲ ਹੈ। ਪਿਛਲੇ ਸਾਲ ਨਵੰਬਰ ਵਿੱਚ ਭਾਰਤ ਅਤੇ ਪਾਕਿਸਤਾਨ, ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿਚਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਧਾਰਮਿਕ ਸਥਲ ਨਾਲ ਸੜਕ ਮਾਰਗ ਰਾਹੀਂ ਜੋੜਨ ਲਈ ਸਹਿਮਤ ਹੋਏ ਸਨ। ਕਰਤਾਰਪੁਰ ਸਾਹਿਬ ਰਾਵੀ ਨਦੀ ਕੰਢੇ ਪਾਕਿਸਤਾਨ ਦੇ ਨਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਹੈ। ਪਾਕਿਸਤਾਨ ਨੇ ਕਿਹਾ ਕਿ ਉਹ ਰੇਲਵੇ ਸਟੇਸ਼ਨ ਦੇ ਨਿਰਮਾਣ ਲਈ ਜ਼ਮੀਨ ਵੀ ਮੁਹੱਈਆ ਕਰਵਾਏਗਾ। ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਚੋਣਾਂ ਦੌਰਾਨ ਕੀਤੇ ਮੁੱਖ ਵਾਅਦੇ ਤਹਿਤ ਪਾਕਿਸਤਾਨ ਕੈਬਨਿਟ ਨੇ ਬੇਘਰ ਅਤੇ ਸਰਕਾਰੀ ਮੁਲਾਜ਼ਮਾਂ ਲਈ 135000 ਅਪਰਾਟਮੈਂਟਾਂ ਦੇ ਨਿਰਮਾਣ ਨੂੰ ਵੀ ਹਰੀ ਝੰਡੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ 135000 ਅਪਾਰਟਮੈਂਟ ਬਣਾਏ ਜਾਣਗੇ ਅਤੇ ਪ੍ਰਧਾਨ ਮੰਤਰੀ 17 ਅਪਰੈਲ ਨੂੰ ਇਸਲਾਮਾਬਾਦ ਵਿੱਚ ਇਸ ਪ੍ਰਾਜੈਕਟ ਦਾ ਉਦਘਾਟਨ ਕਰਨਗੇ ਜਿਥੇ 25000 ਅਪਾਰਟਮੈਂਟਾਂ ਦੀ ਉਸਾਰੀ ਕੀਤੀ ਜਾਵੇਗੀ। 110000 ਅਪਾਰਟਮੈਂਟ ਤਟਵਰਤੀ ਸ਼ਹਿਰਾਂ ਬਲੋਚਿਸਤਾਨ ਵਿੱਚ ਗਵਾਦਰ ਵਿੱਚ ਬਣਾਏ ਜਾਣਗੇ।