ਹਮਖਿਆਲ ਪਾਰਟੀਆਂ ਦਾ ਸਮਰਥਨ ਲੈਣ ਲਈ ਬੀਬੀ ਖਾਲੜਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ :ਬ੍ਰਹਮਪੁਰਾ

ਹਮਖਿਆਲ ਪਾਰਟੀਆਂ ਦਾ ਸਮਰਥਨ ਲੈਣ ਲਈ ਬੀਬੀ ਖਾਲੜਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ :ਬ੍ਰਹਮਪੁਰਾ

ਤਰਨ ਤਾਰਨ :

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਭੱਠਲ ਭਾਈਕੇ ਸਾਬਕਾ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਲੋਕ ਸਭਾ ਹਲਕਾ ਖਡੂਰ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਮੀਟਿੰਗ ਕੀਤੀ ਅਤੇ ਵਰਕਰਾਂ ਵਿਚ ਖਡੂਰ ਸਾਹਿਬ ਦੀ ਚੋਣ ਨੂੰ ਲੈਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸ੍ਰ. ਬ੍ਰਹਮਪੁਰਾ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੀਬੀ ਖਾਲੜਾ ਦੇ ਪਰਿਵਾਰ ਦਾ ਸਿੱਖ ਕੌਮ ਪ੍ਰਤੀ ਬਹੁਤ ਵੱਡਮੁੱਲਾ ਯੋਗਦਾਨ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਇਸ ਮੌਕੇ ਬੀਬੀ ਖਾਲੜਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹ ਪੰਜਾਬ ਵਿਚ ਰਵਾਇਤੀ ਪਾਰਟੀਆਂ ਨੂੰ ਹਰਾਉਣਾ ਚਾਹੁੰਦੇ ਹਨ ਤਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਿਸ ਨਾਲ ਸਾਰੀਆਂ ਹੀ ਹਮਖਿਆਲ ਪਾਰਟੀਆਂ ਦਾ ਸਮਰਥਨ ਹਾਸਿਲ ਕਰ ਸਕਣ ਅਤੇ ਪੰਜਾਬ ਵਿਚ ਲੋਕਾਂ ਨੂੰ ਤੀਜ਼ੇ ਮੋਰਚੇ ਦੀ ਉਮੀਦ ਫਿਰ ਤੋਂ ਉਜਾਗਰ ਹੋ ਸਕੇ। ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਸਵਾਰਥਾਂ ਨੂੰ ਛੱਡਕੇ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਵਿਚਾਰ ਕਰਨ ਅਤੇ ਬੀਬੀ ਖਾਲੜਾ ਨੂੰ ਹਮਖਿਆਲ ਪਾਰਟੀਆਂ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਨ ਤਾਂ ਜੋ ਬੀਬੀ ਖਾਲੜਾ ਦੀ ਜਿੱਤ ਨੂੰ ਯਕੀਨੀ ਬਣਾ ਕੇ ਹਿੰਦੁਸਤਾਨ ਦੀ ਪਾਰਲੀਮੈਂਟ ਵਿਚ ਪੰਜਾਬੀਆਂ ਦੀ ਅਣਖ ਦਾ ਸੁਨੇਹਾ ਦੁਨੀਆਂ ਭਰ ਵਿਚ ਪੁੱਜ ਸਕੇ। ਉਨ੍ਹਾਂ ਪੰਜਾਬ ਵਿਚ ਮਾੜੀ ਕਾਨੂੰਨ ਵਿਵਸਥਾ ਵੱਲ ਵੀ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਸਰਕਾਰ ਦੇ ਰਾਜ ਵਿਚ ਕਨੂੰਨ ਵਿਵਸਥਾ ਦੀ ਹਾਲਤ ਇਹਨੀ ਪਤਲੀ ਹੋ ਚੁੱਕੀ ਹੈ ਕਿ ਔਰਤਾਂ ਨੂੰ ਦਿਨ ਦਿਹਾੜੇ ਕਾਂਗਰਸ ਦੇ ਗੁੰਡਿਆਂ ਦੇ ਇਸ਼ਾਰੇ ਤੇ ਜਬਰ-ਜਨਾਹ ਵਾਲਾ ਵਤੀਰਾ ਕੀਤਾ ਜਾਂਦਾ ਹੈ ਜੋ ਕਿ ਇੱਕ ਸੂਬੇ ਵਿਚ ਔਰਤਾਂ ਦੀ ਸੁਰੱਖਿਆ ਨੂੰ ਲੈਕੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਆਪਣੇ ਕੀਤੇ ਗੁਨਾਹਾਂ ਦਾ ਕੋਈ ਅਫ਼ਸੋਸ ਨਹੀਂ ਹੈ ਅਤੇ ਹੁਣ ਪੰਜਾਬ ਦੇ ਲੋਕ ਇਹਨਾਂ ਦੇ ਉਮੀਦਵਾਰਾਂ ਨੂੰ ਪਸੰਦ ਨਹੀਂ ਕਰਦੇ ਹਨ ਕਿਉਜੋ ਬਹਿਬਲ ਕਲਾਂ ਅਤੇ ਬਰਗਾੜੀ ਗੋਲੀ ਕਾਂਡ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸੰਬੰਧ ਵਿਚ ਰੋਸ਼ ਪ੍ਰਦਰਸਨ ਕਰ ਰਹੇ ਦੋ ਨਿਹਥੇ ਸਿੰਘਾਂ ਤੇ ਗੋਲੀਆਂ ਚਲਾਈਆਂ ਅਤੇ ਕਈ ਸਿੰਘਾਂ ਨੂੰ ਜ਼ਖਮੀ ਕੀਤਾ ਗਿਆ ਅਤੇ ਪਖੰਡੀ ਸਾਧ ਗੁਰਮੀਤ ਰਾਮ ਰਹੀਮ ਦੀ ਫਿਲਮਾਂ ਨੂੰ ਪੰਜਾਬ ਵਿਚ ਲਾਗੂ ਕਰਨ ਲਈ ਸਰਕਾਰੀ ਅਮਲੇ ਦੀ ਦੁਰਵਰਤੋ ਕੀਤੀ ਗਈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖ ਕੌਮ ਪ੍ਰਤੀ ਬਾਦਲ ਪਰਿਵਾਰ ਨੇ ਗ਼ਦਾਰੀ ਕੀਤੀ ਹੈ। ਉਨ੍ਹਾਂ ਇਸ ਗੱਲ ਦੀ ਵੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਵੱਡੀ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਲੋਕ ਬੀਬੀ ਜਗੀਰ ਕੌਰ ਦੇ ਕਿਰਦਾਰ ਤੋਂ ਚੰਗੀ ਤਰ੍ਹਾਂ ਨਾਲ ਜਾਣੂੰ ਹਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਹੋਵੇਗੀ। ਇਸ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ, ਮਨਜਿੰਦਰ ਸਿੰਘ, ਜਸਮੀਤ ਸਿੰਘ ਸਾਬਕਾ ਸਰਪੰਚ, ਪ੍ਰਧਾਨ ਬਲਵਿੰਦਰ ਸਿੰਘ, ਮੁਖਤਿਆਰ ਸਿੰਘ,ਬਾਬਾ ਕਰਤਾਰ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਂਹਲਵਾ, ਗੁਰਮੁੱਖ ਸਿੰਘ ਨੰਬਰਦਾਰ , ਧਿਆਨ ਸਿੰਘ ਨੰਬਰਦਾਰ ਸਾਬਕਾ ਬਲਾਕ ਸੰਮਤੀ ਮੈਬਰ, ਸਾਬਕਾ ਸਰਪੰਚ ਗੁਰਮੁੱਖ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।