ਅਕਾਲੀਆਂ ਦੇ ਕਹਿਣ ‘ਤੇ ਕਣਕ ਦੀ ਖਰੀਦ ‘ਚ ਮੋਦੀ ਦਾ ਅੜਿੱਕਾ, ਕੈਪਟਨ ਦਾ ਵੱਡਾ ਇਲਜ਼ਾਮ
Mon 6 May, 2019 0ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚਲੀ ਮੋਦੀ ਸਰਕਾਰ ‘ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਅਕਾਲੀਆਂ ਦੇ ਕਥਿਤ ਇਸ਼ਾਰੇ ’ਤੇ ਪੰਜਾਬ ਵਿੱਚ ਬਾਰਦਾਨੇ ਦੀ ਘਾਟ ਪੈਦਾ ਕਰ ਰਹੀ ਹੈ। ਬੀਜੇਪੀ ਤੇ ਅਕਾਲੀ ਦਲ ਦੀ ਸਾਜਿਸ਼ ਹੈ ਕਿ ਖਰੀਦ ਪ੍ਰਕਿਰਿਆ ਵਿੱਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਪਰ ਸੂਬੇ ਨੂੰ ਬਾਰਦਾਨੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਵਿਚ 12 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਬਾਰਦਾਨੇ ਦੀ ਵਾਧੂ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਖਰੀਦ ਲਈ ਲੋੜੀਂਦੇ ਬਾਰਦਾਨੇ ਨੂੰ ਪੰਜਾਬ ਤੋਂ ਹਰਿਆਣਾ ਭੇਜਣ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।
ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤ ਪੂਰਨ ਲਈ ਕੇਂਦਰ ਨੇ ਇੱਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਨੂੰ ਹੋਰ ਵਿਗਾੜਨ ਲਈ ਹਰਿਆਣਾ ’ਚ ਕਣਕ ਦੀ ਪੈਦਾਵਾਰ ਨੂੰ ਖੁੱਲ੍ਹੀਆਂ ਸੀਮਾਵਾਂ ਰਾਹੀਂ ਪੰਜਾਬ ਵਿੱਚ ਧੱਕਿਆ ਜਾ ਰਿਹਾ ਹੈ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਰਦਾਨੇ ਦੀ ਘਾਟ ਦਾ ਮੁੱਦਾ ਵਾਰ-ਵਾਰ ਕੇਂਦਰ ਸਰਕਾਰ ਤੇ ਐਫਸੀਆਈ ਕੋਲ ਉਠਾਇਆ ਪਰ ਐਫਸੀਆਈ ਕੇਂਦਰੀ ਏਜੰਸੀ ਹੋਣ ਦੇ ਨਾਤੇ ਕੇਂਦਰ ਸਰਕਾਰ ਦੇ ਸਿੱਧੇ ਹੁਕਮਾਂ ਹੇਠ ਕੰਮ ਕਰ ਰਹੀ ਹੈ।
Comments (0)
Facebook Comments (0)