ਸਰਕਾਰੀ ਹੁਕਮਾਂ ਨੂੰ ਕਿੱਲੀ ’ਤੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲਵਾਈ
Sun 2 Jun, 2019 0ਮਾਨਸਾ:
ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਹੁਕਮ ਹਨ ਪਰ ਕਿਸਾਨਾਂ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਝੋਨਾ ਲਾਉਣਾ ਸ਼ੁਰੂ ਕਰ ਦਿਤਾ ਹੈ। ਮਾਨਸਾ ਦੇ ਨਾਲ-ਨਾਲ ਬਠਿੰਡਾ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਪਿੰਡਾਂ ਵਿਚ ਝੋਨਾ ਲਾਉਣ ਦੀ ਸ਼ੁਰੂਆਤ ਕਰ ਦਿਤੀ ਗਈ ਹੈ। ਉੱਧਰ, ਭਾਰਤ ਕਿਸਾਨ ਯੂਨੀਅਨ (ਡਕੌਂਦਾ) ਨੇ ਵੀ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸੱਦਾ ਦਿਤਾ ਹੈ।
ਦੱਸਣਯੋਗ ਹੈ ਕਿ ਪਿਛਲੇ ਕਈ ਦਿਨ ਤੋਂ ਕਿਸਾਨਾਂ ਵਲੋਂ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁਧ ਸੂਬੇ ਭਰ ਵਿਚ ਰੋਸ ਮੁਜਾਹਰਾ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤੀ ਗਈ ਸੀ। ਹਾਲਾਂਕਿ, ਸੂਬੇ ਵਿਚ ਝੋਨਾ ਲਾਉਣ ਦੇ ਦਿਨ ਬਾਰੇ ਵੀ ਸ਼ਸ਼ੋਪੰਜ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਜੂਨ ਦੀ ਥਾਂ 13 ਜੂਨ ਨੂੰ ਝੋਨਾ ਲਾਉਣ ਦੀ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਸੀ ਪਰ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਸਕਿਆ ਹੈ।
ਇਸ ਕਾਰਨ ਖੇਤੀਬਾੜੀ ਵਿਭਾਗ ਦੀਆਂ ਨਜ਼ਰਾਂ ਵਿੱਚ ਝੋਨਾ ਲਾਉਣ ਦਾ ਸਰਕਾਰੀ ਸਮਾਂ ਅਜੇ ਵੀ 20 ਜੂਨ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰ ਵਲੋਂ ਤੈਅ ਕੀਤੇ ਦਿਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕਰਦੇ ਹਨ ਤਾਂ ਫ਼ਸਲ ਨੂੰ ਪੱਕਣ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ, ਜਿਸ ਕਾਰਨ ਮੰਡੀਆਂ ਵਿਚ ਨਮੀ ਵੱਧਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਮੇਂ ਮੁਤਾਬਕ ਬੀਜੇ ਚੌਲ ਸਹੀ ਆਕਾਰ ਵਿਚ ਵੱਧ-ਫੁੱਲ ਨਹੀਂ ਸਕਦੇ।
ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਕਿ ਸਰਕਾਰ ਵਲੋਂ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਰਾਖੀ ਕੀਤੀ ਜਾਵੇਗੀ ਤੇ ਉਹ ਖੇਤੀ ਅਧਿਕਾਰੀਆਂ ਤੇ ਪੁਲਿਸ ਨੂੰ ਖੇਤਾਂ ਵਿਚ ਵੜਨ ਤੱਕ ਨਹੀਂ ਦੇਣਗੇ। ਯੂਨੀਅਨ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਦੀ ਨੌਬਤ ਨਹੀਂ ਆਉਣ ਦਿਤੀ ਜਾਵੇਗੀ। ਉੱਧਰ, ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਚਹਿਲ ਨੇ ਕਿਹਾ ਕਿ ਸਰਕਾਰੀ ਹੁਕਮਾਂ ਮੁਤਾਬਕ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁਧ ਕਾਰਵਾਈ ਕਰਨ ਲਈ ਉਹ ਭਲਕੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੇ ਹਨ ਅਤੇ ਸਰਕਾਰ ਦੇ ਫ਼ੈਸਲੇ ਮੁਤਾਬਕ ਝੋਨਾ ਵਾਹ ਦਿਤਾ ਜਾਵੇਗਾ।
Comments (0)
Facebook Comments (0)