
ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁਧ ਪੰਜਾਬ ਸਰਕਾਰ ਨੇ ਚੁੱਕਿਆ ਸਖ਼ਤ ਕਦਮ
Fri 28 Jun, 2019 0
ਚੰਡੀਗੜ੍ :
ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁਧ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਲਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਸਖ਼ਤ ਨਿਰਦੇਸ਼ ਜਾਰੀ ਕਰ ਦਿਤੇ ਹਨ। ਨਿਰਦੇਸ਼ਾਂ ਮੁਤਾਬਕ ਪੰਜਾਬ ਭਰ ਦੇ ਸ਼ਹਿਰਾਂ ਵਿਚ ਸਿੱਧਾ ਪਾਈਪ ਲਗਾ ਕੇ ਗੱਡੀਆਂ ਜਾਂ ਫ਼ਰਸ਼ ਧੋਣ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਪਹਿਲੀ ਵਾਰ ਉਲੰਘਣਾ ਕਰਨ ’ਤੇ ਇਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ।
ਦੂਜੀ ਵਾਰ ਉਲੰਘਣਾ ਕਰਨ ’ਤੇ 2 ਹਜ਼ਾਰ ਰੁਪਏ ਤੇ ਤੀਜੀ ਵਾਰ ਉਲੰਘਣਾ ਕਰਨ ’ਤੇ ਪਾਣੀ ਦਾ ਕੁਨੈਕਸ਼ਨ ਹੀ ਕੱਟ ਦਿਤਾ ਜਾਵੇਗਾ ਤੇ 5 ਹਜ਼ਾਰ ਜੁਰਮਾਨਾ ਵਸੂਲ ਕਰਨ ਤੋਂ ਬਾਅਦ ਮੁੜ ਕੁਨੈਕਸ਼ਨ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਬੂਟਿਆਂ ਤੇ ਬਗੀਚਿਆਂ ਵਿਚ ਪਾਈਪ ਲਗਾ ਕੇ ਸਿਰਫ਼ ਸ਼ਾਮ ਨੂੰ 5 ਵਜੇ ਤੋਂ ਬਾਅਦ ਹੀ ਪਾਣੀ ਲਾਇਆ ਜਾ ਸਕੇਗਾ। ਇਸ ਦੀ ਉਲੰਘਣਾ ’ਤੇ ਵੀ ਉਕਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਹਰ ਪੰਦਰਵਾੜੇ ਮਹਿਕਮੇ ਨੂੰ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਸਥਾਨਕ ਸਰਕਾਰਾਂ ਵਿਭਾਗ ਨੇ ਪਾਣੀ ਦੀ ਵਧਦੀ ਸਮੱਸਿਆ ਨੂੰ ਵੇਖਦੇ ਹੋਏ ਕਿਹਾ ਹੈ ਕਿ ਪੀਣ ਵਾਲੇ ਪਾਣੀ ਨੂੰ ਧਿਆਨ ਨਾਲ ਵਰਤਿਆ ਜਾਵੇ ਤੇ ਇਸ ਸਬੰਧੀ ਹੋਰਾਂ ਨੂੰ ਵੀ ਸਮਝਾਇਆ ਜਾਵੇ। ਪੀਣ ਵਾਲੇ ਪਾਣੀ ਨੂੰ ਸੰਜਮ ਨਾਲ ਵਰਤਿਆ ਜਾਵੇ ਤਾਂ ਜੋ ਭਵਿੱਖ ਵਿਚ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।
Comments (0)
Facebook Comments (0)