ਨੌਂ ਮਹੀਨਿਆਂ 'ਚ ਫ਼ੈਸਲਾ ਸੁਣਾਉਣ ਦਾ ਹੁਕਮ

ਨੌਂ ਮਹੀਨਿਆਂ 'ਚ ਫ਼ੈਸਲਾ ਸੁਣਾਉਣ ਦਾ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦਿਤ ਢਾਂਚਾ ਢਾਹੇ ਜਾਣ ਨਾਲ ਸਬੰਧਤ ਕੇਸ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਨੂੰ ਅੱਜ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਫ਼ੈਸਲਾ ਨੌਂ ਮਹੀਨਿਆਂ ਦੇ ਅੰਦਰ ਸੁਣਾਇਆ ਜਾਵੇ। ਇਸ ਮਾਮਲੇ ਵਿੱਚ ਭਾਜਪਾ ਦੇ ਸੀਨੀਅਰ ਆਗੂ ਐੱਲ.ਕੇ. ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਮੁਲਜ਼ਮ ਹਨ। ਜਸਟਿਸ ਆਰ.ਐੱਫ. ਨਰੀਮਨ ਅਤੇ ਜਸਟਿਸ ਸੂਰਿਯਾ ਕਾਂਤ ਨੇ ਕਿਹਾ ਕਿ ਸਿਆਸੀ ਤੌਰ 'ਤੇ ਸੰਵੇਦਨਸ਼ੀਲ ਇਸ ਮਾਮਲੇ ਵਿੱਚ ਗਵਾਹਾਂ ਦੇ ਬਿਆਨ ਦਰਜ ਕਰਨ ਦਾ ਕੰਮ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਕੀਤਾ ਜਾਵੇ। ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਇਸ ਕੇਸ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਦਾ ਕਾਰਜਕਾਲ ਵਧਾਉਣ ਲਈ ਚਾਰ ਹਫ਼ਤਿਆਂ ਦੇ ਅੰਦਰ ਲੋੜੀਂਦੇ ਆਦੇਸ਼ ਦੇਣ ਦਾ ਹੁਕਮ ਸੁਣਾਇਆ ਹੈ। ਵਿਸ਼ੇਸ਼ ਜੱਜ ਨੇ 30 ਸਤੰਬਰ ਨੂੰ ਸੇਵਾਮੁਕਤ ਹੋਣਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਿਸ਼ੇਸ਼ ਜੱਜ ਦੇ ਕਾਰਜਕਾਲ ਵਿੱਚ ਵਾਧਾ ਸਿਰਫ਼ ਇਸ ਕੇਸ ਦੀ ਸੁਣਵਾਈ ਪੂਰੀ ਕਰਨ ਅਤੇ ਫ਼ੈਸਲਾ ਸੁਣਾਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਸਪੱਸ਼ਟ ਕੀਤਾ ਕਿ ਕਾਰਜਕਾਲ ਵਿੱਚ ਵਾਧੇ ਦੌਰਾਨ ਵਿਸ਼ੇਸ਼ ਜੱਜ ਇਲਾਹਾਬਾਦ ਹਾਈ ਕੋਰਟ ਦੇ ਹੀ ਪ੍ਰਸ਼ਾਸਨਿਕ ਕੰਟਰੋਲ ਵਿੱਚ ਰਹਿਣਗੇ। ਵਿਸ਼ੇਸ਼ ਜੱਜ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਕੇਸ ਦੀ ਕਾਰਵਾਈ ਪੂਰੀ ਕਰਨ ਵਿਚ ਛੇ ਮਹੀਨਿਆਂ ਦਾ ਸਮਾਂ ਹੋਰ ਲੱਗੇਗਾ