ਅਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 6 ਅਗਸਤ :

15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਡਿਪਟੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐਸ. ਡੀ. ਐਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ।ਉਹਨਾਂ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਜ਼ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਦਾ ਪੀ. ਟੀ. ਸ਼ੋਅ ਵੀ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀ ਰਿਹਰਸਲ 9, 10 ਅਤੇ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਹੋਵੇਗੀ ਅਤੇ 13 ਅਗਸਤ ਨੂੂੰ ਪੁਲਿਸ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸਮਾਗਮ ਮੌਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।ਆਜ਼ਾਦੀ ਦਿਵਸ ਸਮਾਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਵਿਰਕ ਅਤੇ ਸਮਾਗਮ ਦੇ ਓਵਰ-ਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ ਹੋਣਗੇ।

ਉਨਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ, ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਨੇ ਇਸ ਮੌਕੇ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਵਿਭਾਗੀ ਕਰਮਚਾਰੀਆਂ ਦੀ ਆਜ਼ਾਦੀ ਸਮਾਰੋਹ ਦੌਰਾਨ ਹਾਜ਼ਰੀ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਸ਼ਹਿਰ ਦੇ ਚਾਰੇ ਪਾਸੇ ਸਵਾਗਤੀ ਗੇਟ ਬਣਾਏ ਜਾਣ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ। ਇਸ ਮੀਟਿੰਗ ਵਿੱਚ ਬਿਜਲੀ ਦੀ ਸਪਲਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਜ ਦੀ ਸਜਾਵਟ ਅਤੇ ਬੱਚਿਆਂ ਲਈ ਰਿਫ੍ਰੈਸ਼ਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਿਤ ਅਧਿਕਾਰੀਆਂ ਨੂੂੰ ਵੀ ਆਦੇਸ਼ ਦਿੱਤੇ ਗਏ।