ਪੰਜਾਬ ਸਰਕਾਰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਨਵੇਂ ਉਦਯੋਗ ਵਿਕਸਿਤ ਕਰਨ ਲਈ ਯਤਨਸ਼ੀਲ-ਸ੍ਰੀ ਭਰਤ ਭੂਸ਼ਨ ਆਸ਼ੂ
Fri 9 Aug, 2019 0ਤਰਨ ਤਾਰਨ, 8 ਅਗਸਤ 2019 :
ਪੰਜਾਬ ਸਰਕਾਰ ਸਰਹੱਦੀ ਖੇਤਰ ਦੇ ਲੋਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਨਵੇਂ ਉਦਯੋਗ ਵਿਕਸਿਤ ਕਰਨ ਲਈ ਯਤਨਸ਼ੀਲ ਹੈ।ਇਸ ਸੰਦਰਭ ਵਿੱਚ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਰਤ ਭੂਸ਼ਨ ਆਸ਼ੂ ਨੇ ਅੱਜ ਪੁਰਾਣੀ ਖੰਡ ਮਿੱਲ ਸ਼ੇਰੋਂ, ਤਰਨ ਤਾਰਨ ਦਾ ਦੌਰਾ ਕੀਤਾ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਵੀ ਉਹਨਾਂ ਦੇ ਨਾਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਸ੍ਰੀ ਭਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਪੁਰਾਣੀ ਖੰਡ ਮਿੱਲ ਸ਼ੇਰੋਂ ਜ਼ਮੀਨ ‘ਤੇ ਮੈਗਾ ਫੂਡ ਪਾਰਕ ਨੂੰ ਵਿਕਸਿਤ ਕਰਨ ਅਤੇ ਹੋਰ ਉਦਯੋਗ ਸਥਾਪਿਤ ਕਰਨ ਲਈ ਮੁੱਢਲੀ ਸਟੇਜ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਖੇਤਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮਹੱਈਆ ਕਰਵਾਇਆ ਜਾ ਸਕੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਘੱਟ ਵਿੱਤੀ ਵਸੀਲੇ ਹੋਣ ਦੇ ਬਾਵਜੂਦ ਵੀ ਪਿਛਲੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਕਦਮ ਚੁੱਕੇ ਗਏ ਹਨ।ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਆਪਣੇ ਪੰਜ ਸਾਲਾਂ ਕਾਰਜਕਾਲ ਵਿੱਚ ਚੋਣਾਂ ਤੋਂ ਪਹਿਲਾ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਇਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾ ਸਥਾਨਕ ਰੈਸਟ ਹਾਊਸ ਵਿਖੇ ਪੰਜਾਬ ਵਿੱਚ ਖੁੱਲ੍ਹੇ ਗੋਦਾਮਾਂ ਵਿੱਚ ਪਏ ਅਨਾਜ ਸਬੰਧੀ ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਫੂਡ ਕਾਰਪੋਰੇਸ਼ਨ ਆੱਫ਼ ਇੰਡੀਆਂ (ਐੱਫ. ਸੀ. ਆਈ.) ਵੱਲੋਂ ਖੁੱਲ੍ਹੇ ਗੋਦਾਮਾਂ ਵਿੱਚੋਂ ਅਨਾਜ ਨਹੀਂ ਚੁੱਕਿਆ ਜਾ ਰਿਹਾ ਹੈ।ਇਸ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਖੁੱਲੇ ਗੋਦਾਮਾਂ ਵਿੱਚੋਂ ਪਏ ਅਨਾਜ ਨੂੰ ਚੁੱਕ ਕੇ ਖਾਲੀ ਕਰ ਲਿਆ ਜਾਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਵਿਭਾਗ ਨਾਲ ਸਬੰਧਿਤ ਗਤੀਵਿਧੀਆਂ ਅਤੇ ਗੋਦਾਮਾਂ ਦਾ ਵੀ ਨਿਰੀਖਣ ਕੀਤਾ ਗਿਆ।ਇਸ ਮੌਕੇ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਸ਼੍ਰੀਮਤੀ ਅਨੰਦਿਤਾ ਮਿੱਤਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਐੱਸ. ਐੱਸ. ਪੀ. ਸ੍ਰੀ ਧਰੁਵ ਦਾਹੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਾਂਗਰਸੀ ਆਗੂ ਵੀ ਹਾਜ਼ਰ ਸਨ।
Comments (0)
Facebook Comments (0)