ਬਾਦਲ ਅਤੇ ਅਮਰਿੰਦਰ ਪੰਜਾਬ ਦੇ ਲੋਕਾਂ ਨੂੰ ਬਣਾ ਰਹੇ ਨੇ ਮੂਰਖ----ਸੁਖਦੇਵ ਢੀਂਡਸਾ
Mon 17 Feb, 2020 0ਪਟਿਆਲਾ: ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਆੜੇ ਹੱਥੀਂ ਲਿਆ ਹੈ। ਉਹਨਾਂ ਨੇ ਸਵਾਲ ਚੁੱਕਦੇ ਹੋਏ ਸਿੱਧਾ ਤੇ ਤਿੱਖਾ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ 3 ਸਾਲ ਬੀਤ ਚੁੱਕੇ ਹਨ ਤੇ ਅਜੇ ਤਕ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕੋਈ ਸਜ਼ਾ ਜਾਂ ਉਹਨਾਂ ਤੇ ਕੋਈ ਕਾਰਵਾਈ ਨਹੀਂ ਹੋਈ। ਬਾਦਲ ਅਤੇ ਅਮਰਿੰਦਰ ਦੋਵੇਂ ਰਲੇ ਹੋਏ ਹਨ ਅਤੇ ਉਹ ਲੋਕਾਂ ਨੂੰ ਮੂਰਖ ਬਣਾ ਰਹੇ ਹਨ।
ਅਮਰਿੰਦਰ ਸਿੰਘ ਲੋਕਾਂ ਨੂੰ ਜਵਾਬ ਦੇਣ ਕਿ ਉਹਨਾਂ ਨੇ ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਹੁਣ ਤਕ ਕਾਰਵਾਈ ਕਿਉਂ ਨਹੀਂ ਕੀਤੀ? ਸ. ਢੀਂਡਸਾ ਨੇ ਇਹ ਗੱਲ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਬੀਬਾ ਅਮਰਜੀਤ ਕੌਰ (ਸੀਨੀਅਰ ਅਕਾਲੀ ਆਗੂ) ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਅਸਲ ਵਿਚ ਲੋਕਾਂ ਲਈ ਇਹ ਸੱਚ ਜਾਣਨਾ ਜ਼ਰੂਰੀ ਹੈ ਕਿ ਅਮਰਿੰਦਰ ਅਤੇ ਬਾਦਲ ਰਲ ਕੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਦੱਬ ਰਹੇ ਹਨ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਮੇਤ ਹੁਣ ਤੱਕ ਅਮਰਿੰਦਰ ਕਈ ਜਾਂਚ ਕਰਵਾ ਚੁੱਕੇ ਹਨ ਪਰ ਕਰ ਕੁਝ ਵੀ ਨਹੀਂ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਐਸਜੀਪੀਸੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣਾ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਰੱਖਣਾ ਉਹਨਾਂ ਦਾ ਮੁੱਖ ਟੀਚਾ ਹੈ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਧਾਰਮਿਕ ਸੰਸਥਾ ਹੈ ਇਸ ਦਾ ਬਾਦਲਾਂ ਨੇ ਸਿਆਸੀਕਰਨ ਕਰ ਕੇ ਇਸ ਦੀ ਮਾਣ-ਮਰਿਆਦਾ ਦਾ ਘਾਣ ਕੀਤਾ ਹੈ।
ਦਸ ਦਈਏ ਕਿ ਆਮ ਆਦਮੀ ਪਾਰਟੀ ਦੀ ਤੀਜੀ ਵਾਰ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਲੋਕਾਂ ਨੂੰ ਲਗ ਰਿਹਾ ਹੈ ਕਿ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਹੀ ਆਵੇ। ਲੋਕ ਕਾਂਗਰਸ ਅਤੇ ਅਕਾਲੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚ ਅਜਿਹਾ ਮੁੱਖ ਮੰਤਰੀ ਕਮਾਨ ਸੰਭਾਲੇ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾ ਦੇਵੇ। ਦਸ ਦਈਏ ਕਿ ਪੰਜਾਬ ਵਿਚ ਅਗਲਾ ਮੁੱਖ ਮੰਤਰੀ ਚੁਣਨ ਲਈ ਸਿੱਧੂ ਨੂੰ ਦੇਖਿਆ ਜਾ ਰਿਹਾ ਹੈ ਪਰ ਇਸ ਬਾਰੇ ਅਜੇ ਤਕ ਕੋਈ ਪੁਖਤਾ ਜਾਣਕਾਰੀ ਹਾਸਲ ਨਹੀਂ ਹੋਈ।
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਬਾਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਪਹਿਲਾਂ ਹੀ ਦੇ ਚੁੱਕੇ ਹਨ ਤੇ ਢੀਂਡਸਾ ਦੀ ਇਸ ਫੇਰੀ ਮੌਕੇ ਅਕਾਲੀ ਦਲ ਦੇ ਵਰਕਰਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪੱਧਰ ਦੇ ਆਗੂ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਢੀਂਡਸਾ ਅਕਾਲੀ ਲੀਡਰਸ਼ਿਪ ਨਾਲ ਆਪਣੀ ਨਰਾਜ਼ਗੀ ਖੁੱਲ੍ਹ ਕੇ ਜ਼ਾਹਰ ਕਰਨ ਤੋਂ ਗੁਰੇਜ਼ ਕਰਦੇ ਰਹੇ ਹਨ ਪਰ 18 ਦਸੰਬਰ ਦੇ ਇਕੱਠ ਵਿਚ ਉਨ੍ਹਾਂ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਸਨ।
Comments (0)
Facebook Comments (0)