‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਨੇ ਸੰਗਤਾਂ ਨੂੰ ਦਿੱਤਾ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼

‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਨੇ ਸੰਗਤਾਂ ਨੂੰ ਦਿੱਤਾ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼

ਸੰਸਦੀ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਤੇ ਹਲਕਾ ਪੱਟੀ ਤੋਂ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਪਰਿਵਾਰ ਸਮੇਤ ਭਰੀ ਹਾਜ਼ਰੀ

ਤਰਨ ਤਾਰਨ, 23 ਨਵੰਬਰ 2019 : 

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ ਦੇ ਪਿੰਡ ਗਗੜੇਵਾਲ ਵਿਖੇ ਦਰਿਆ ਬਿਆਸ ਵਿੱਚ ਕਰਵਾਇਆ ਗਿਆ  ਦੋ ਦਿਨਾਂ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾੳੂਂਡ’ ਸ਼ੋਅ, ਸੰਗਤਾਂ ਨੂੰ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ।ਦੋ ਦਿਨਾਂ ਵਿੱਚ ਹੋਏ 4 ਸ਼ੋਆਂ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਸਾਖੀਆਂ ਅਤੇ ਉਨਾਂ ਦੇ ਫਲਸਫੇ ਦੀ ਜਾਣਕਾਰੀ ਆਧੁਨਿਕ ਤਕਨੀਕ ਨਾਲ ਹਾਸਲ ਕੀਤੀ।ਪਹਿਲੇ ਦਿਨ ਦੀ ਤਰ੍ਹਾਂ ਅੱਜ ਸ਼ਾਮ ਵੀ ਬਿਆਸ ਦਰਿਆ ਵਿੱਚ ਕਰਵਾਏ ਗਏ ਸ਼ੋਅ ਸਮੁੱਚੀ ਫਿਜ਼ਾ ਨੂੰ ਅਧਿਆਤਮਕਤਾ ਦੇ ਚਾਨਣ ਨਾਲ ਰੁਸ਼ਨਾ ਗਏ।

ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦੀ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਪੱਟੀ ਤੋਂ ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਪਰਿਵਾਰ ਸਮੇਤ ਹਾਜ਼ਰੀ ਭਰੀ।ਉਨਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ ਅਤੇ ਗੁਰੂ ਸਾਹਿਬ ਦੇ ਲੜ ਲੱਗ ਕੇ ਹੀ ਅਸੀਂ ਆਪਣਾ ਜੀਵਨ ਸਫ਼ਲਾ ਕਰ ਸਕਦੇ ਹਾਂ। ਉਨਾਂ ਕਿਹਾ ਕਿ ਇਹ ਸ਼ੋਅ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਿਰਕੂ ਸਦਭਾਵਨਾ, ਸ਼ਾਂਤੀ, ਭਾਈਚਾਰੇ ਵਾਲੇ ਫਲਸਫੇ ਤੇ ਜੀਵਨ ਬਾਰੇ ਜਾਣੂ ਕਰਵਾਉਣਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਰਾਜ ਭਰ ਵਿੱਚ ਸਾਰਾ ਸਾਲ ਚੱਲਦੇ ਰਹਿਣਗੇ।

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਧੂੰਦਾ ਨੇੜੇ ਗੋਇੰਦਵਾਲ ਸਾਹਿਬ ਵਿਖੇ ਦਰਿਆ ਬਿਆਸ ਵਿੱਚ ਵੀ ਇਹ ਮਲਟੀ ਮੀਡੀਆ “ਫਲੋਟਿੰਗ ਲਾਈਟ ਐਂਡ ਸਾੳੂਂਡ ਸ਼ੋਅ” ਮਿਤੀ 26 ਤੇ 27 ਨਵੰਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾਣਗੇ।ਉਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸ਼ੋਆਂ ਦੌਰਾਨ ਹੁੰਮ-ਹੁਮਾ ਕੇ ਪਹੰੁਚਣ ਅਤੇ ਸ਼੍ਰੀ ਗੂਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫ਼ੇ ਤੋਂ ਜਾਣੂ ਹੋਣ। 

ਸੰਗਤਾਂ ਵਲੋਂ ਦੂਸਰੀ ਸ਼ਾਮ ਵੀ ‘ਫਲੋਟਿੰਗ ਲਾਈਟ ਐਂਡ ਸਾੳੂਂਡ ਸ਼ੋਅ’ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਲੋਕ ਪਿੰਡਾਂ ਵਿੱਚੋਂ ਟਰਾਲੀਆਂ ਭਰ-ਭਰ ਕੇ ਪਹੁੰਚੇ ਹੋਏ ਸਨ। ਇਸ ਸ਼ੋਅ ਨੂੰ ਦੇਖਣ ਲਈ ਨੌਜਵਾਨ, ਬਜ਼ੁਰਗ ਅਤੇ ਬੱਚੇ ਵੀ ਸ਼ਾਮਲ ਸਨ।ਵੱਡੀ ਗਿਣਤੀ ਵਿੱਚ ਔਰਤਾਂ ਨੇ ਦੋਵੇਂ ਸ਼ਾਮ ਇਸ ਸ਼ੋਅ ਨੂੰ ਦੇਖਿਆ। ਸਾਰੀਆਂ ਹੀ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

ਇਸ ਮੌਕੇ ਅਡੀਸ਼ਨਲ ਸੈਸ਼ਨ ਜੱਜ ਸ੍ਰੀ ਪੀ. ਐੱਸ. ਰਾਏ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਮੋਹਤਬਰ ਵੀ ਹਾਜ਼ਰ ਸਨ।