ਬਾਰਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਚੋਹਲਾ ਸਾਹਿਬ ਵਿਖੇ ਰੋਸ ਪ੍ਰਦਰਸ਼ਨ।

ਬਾਰਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਚੋਹਲਾ ਸਾਹਿਬ ਵਿਖੇ ਰੋਸ ਪ੍ਰਦਰਸ਼ਨ।

ਚੋਹਲਾ ਸਾਹਿਬ 17 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ )
ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਇਥੇ ਵੱਖ ਵੱਖ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਪੇਪਰਾਂ ਨੂੰ ਬਾਰ ਬਾਰ ਮੁਲਤਵੀ ਕਰਨ ਦੇ ਰੋਸ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ  ਸਰਕਾਰ ਖਿ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਵਰਨਣ ਯੋਗ ਹੈ ਕਿ ਕਰੋਨਾ ਕਾਲ ਦੇ ਚਲਦਿਆਂ ਪੰਜਾਬ ਸਰਕਾਰ ਅਤੇ ਸਿੱਖਿਆ ਬੋਰਡ ਵੱਲੋਂ ਲਏ ਗਏ ਫੈਸਲੇ ਤਹਿਤ ਇਹ ਤੀਜਾ ਮੌਕਾ ਹੈ ਜਦੋਂ ਬਾਰਵੀਂ ਜਮਾਤ ਦੇ ਪੇਪਰਾਂ ਨੂੰ ਮੁਲਤਵੀ ਕੀਤਾ ਗਿਆ ਹੈ।ਸਥਾਨਕ ਸ੍ਰੀ ਗੁਰੂ ਅਰਜਨ ਦੇ ਪਾਰਕ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਬਾਰ-ਬਾਰ ਲਏ ਜਾਂਦੇ ਅਜਿਹੇ ਫ਼ੈਸਲਿਆਂ ਕਾਰਣ ਉਹਨਾਂ ਨੂੰ ਆਪਣਾ ਭਵਿੱਖ ਧੁੰਦਲਾ ਦਿਖਾਈ ਦੇ ਰਿਹਾ ਹੈ। ਜਦ ਕਿ ਉਨ੍ਹਾਂ ਵੱਲੋਂ ਪੇਪਰਾਂ ਦੀ ਤਿਆਰੀ ਕੀਤੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਪ੍ਰੀਖਿਆਵਾਂ ਨਹੀਂ ਲਈਆਂ ਜਾ ਰਹੀਆਂ, ਜੇਕਰ ਸਰਕਾਰ ਜਾਂ ਸਿੱਖਿਆ ਬੋਰਡ ਕੋਲ ਇਨ੍ਹਾਂ ਪ੍ਰੀਖਿਆਵਾਂ ਨੂੰ ਕਰਵਾਉਣ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਹਨ ਤਾਂ  ਉਨ੍ਹਾਂ  ਦੀ ਆਨਲਾਈਨ ਪ੍ਰੀਖਿਆ ਲਵੇ, ਅਤੇ ਇਸ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕੀਤਾ ਜਾਵੇ।  ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਪ੍ਰਸ਼ਨ ਕਰਦਿਆਂ ਕਿਹਾ ਕਿ  ਜੇਕਰ ਸਿੱਖਿਆ ਬੋਰਡ ਵੱਲੋਂ ਪੂਰਾ ਸਾਲ ਆਨਲਾਈਨ ਜ਼ਮਾਤਾ ਲਗਾਈਆਂ ਜਾ ਸਕਦੀਆਂ ਹਨ ਤਾਂ ਉਹਨਾਂ ਦੀ ਆਨਲਾਈਨ ਪ੍ਰੀਖਿਆ ਕਿਉਂ ਨਹੀਂ ਲਈ ਜਾ ਰਹੀ। ਵਿਦਿਆਰਥੀਆਂ ਨੇ ਕਿਹਾ ਕਿ ਪ੍ਰੀਖਿਆਵਾਂ ਲੈਣ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਉਨ੍ਹਾਂ ਨੂੰ ਭਵਿੱਖ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਕੋਲੋਂ ਮੰਗ ਕੀਤੀ ਹੈ ਜਲਦ ਹੀ ਉਨ੍ਹਾਂ ਦੀਆਂ ਪ੍ਰੀਖਿਆਵਾਂ ਆਂਨਲਾਇਨ ਲਈਆਂ ਜਾਣ ਤਾਂ ਜੋ ਉਹ ਆਪਣੇ ਰੂਪ ਰੇਖਾ ਉਲੀਕ ਸਕਣ।